ਸੰਗਰੂਰ: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਲਹਿਰਾਗਾਗਾ-ਜਾਖਲ ਰੋਡ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਭਿਆਨਕ ਹਾਦਸੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ, ਹਾਦਸੇ ਸਮੇਂ ਸੜਕ ’ਤੇ ਕਰੀਬ 23 ਮਹਿਲਾ ਅਤੇ ਪੁਰਸ਼ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆਈ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ 9 ਲੋਕਾਂ ਦੀ ਜਾਨ ਚਲੀ ਗਈ।
ਲਹਿਰਾਗਾਗਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਜਸਕਰਨ ਸਿੰਘ ਨੇ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਤੋਂ ਬਾਅਦ ਮੌਕੇ ’ਤੇ ਪਹੁੰਚੇ ਲੋਕ, ਪੁਲਿਸ ਨੇ ਸ਼ੁਰੂ ਕੀਤਾ ਬਚਾਅ ਕਾਰਜ
ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।




