2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਵੇਂ ਅਜੇ ਕਾਫੀ ਸਮਾਂ ਬਾਕੀ ਹੈ ਪਰ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਦਰਅਸਲ ਹੁਣ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਘੁੰਮਣ ਨੇ ਲਿਖਿਆ ਕਿ ਉਨ੍ਹਾਂ ਨੂੰ 2027 ‘ਚ ਕਿਹੜੀ ਪਾਰਟੀ ਵੱਲੋਂ ਜਾਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜਨੀ ਚਾਹੀਦੀ ਹੈ। ਇਸ ਦੇ ਨਾਲ ਹੀ ਘੁੰਮਣ ਨੇ ਦੱਸਿਆ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿਚ ਨੌਜਵਾਨਾਂ ਦੀ ਦਿਲਚਸਪੀ ਵਧਣ ਨਾਲ ਨਸ਼ਾ ਖਤਮ ਹੋ ਸਕਦਾ ਹੈ।
