ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼ ਅਜੇ ਵੀ ਜਾਰੀ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਦਿੱਲੀ ਵਿੱਚ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ, ਦੂਜੇ ਪਾਸੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਆਪਣੇ ਫਾਰਮ ਹਾਊਸ ਵਿਖੇ ਆਪਣੇ ਸਮਰਥਕ ਲੀਡਰਾਂ ਅਤੇ ਵਿਧਾਇਕਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ। ਲੰਚ ਕੂਟਨੀਤੀ ਤਹਿਤ, ਕੈਪਟਨ ਅਮਰਿੰਦਰ ਸਿੰਘ ਇਹ ਮੁਲਾਂਕਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ, ਤਾਂ ਉਨ੍ਹਾਂ ਦੇ ਹੱਕ ਵਿੱਚ ਕੌਣ ਖੜਾ ਹੋ ਸਕਦਾ ਹੈ। ਸੂਤਰਾਂ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਵਿਧਾਇਕ ਫਤਹਿ ਜੰਗ ਬਾਜਵਾ ਨੇ ਆਪਣੇ ਬੇਟੇ ਅਰਜੁਨ ਪ੍ਰਤਾਪ ਬਾਜਵਾ ਨਾਲ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਅੰਦਰੂਨੀ ਕਲੇਸ਼ ਵਿਚਕਾਰ ਪਾਰਟੀ ‘ਚ ਇੱਕ ਮਹੱਤਵਪੂਰਣ ਜ਼ਿੰਮੇਵਾਰੀ ਮਿਲ ਸਕਦੀ ਹੈ। ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਉਨ੍ਹਾਂ ਦੁਆਰਾ ਦਿੱਤੇ ਫਾਰਮੂਲੇ ‘ਤੇ ਸਹਿਮਤੀ ਦੇ ਦਿੱਤੀ ਹੈ। ਸਿੱਧੂ ਨੂੰ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਬਾਰੇ ਕਾਂਗਰਸ ਪਾਰਟੀ ਅਗਲੇ 48 ਘੰਟਿਆਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਦੇਰ ਸ਼ਾਮ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ ਕਰੀਬ ਇੱਕ ਘੰਟਾ ਚੱਲੀ।
ਮਹੱਤਵਪੂਰਣ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ, ਪਰ ਹੁਣ ਪੰਜਾਬ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਕਿਉਂਕਿ ਅਗਲੇ ਸਾਲ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਇੱਕ ਕਮੇਟੀ ਬਣਾਈ ਗਈ ਸੀ, ਜਿਸ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਣੇ ਪੰਜਾਬ ਦੇ ਹੋਰ ਲੀਡਰ ਪੇਸ਼ ਹੋ ਚੁੱਕੇ ਹਨ।