ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਉਲਟਫੇਰ ਹੋਇਆ ਹੈ। ਦਰਅਸਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਆਪ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਆਈ. ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਵਿੱਚ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵੀ ਰਹੇ ਹਨ।
ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਇਸ ਫੈਸਲੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਧਮਾਕਾ ਕੀਤਾ ਹੈ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਾਲ 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁਖ ਵਿਰੋਧੀ ਪਾਰਟੀ ਬਣ ਕੇ ਉਭਰੀ ਸੀ। ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ 20 ਸੀਟਾਂ ਆਈਆਂ ਸਨ। ਪਰ ਹੁਣ 2022 ਦੀਆ ਚੋਣਾਂ ਤੋਂ ਪਹਿਲਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਸ਼ਾਮਿਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੀਆ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ।