ਪੰਜਾਬ ਸਰਕਾਰ ਵੱਲੋਂ ਕਰਜ਼ ਮਾਫੀ ਦਾ ਵੱਡਾ ਐਲਾਨ, ਕਿਸਾਨਾਂ ਦਾ 590 ਕਰੋੜ ਦਾ ਕਰਜ਼ਾ ਹੋਵੇਗਾ ਮਾਫ਼

Punjab Govt Announces Waiver

ਪੰਜਾਬ ਦੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਹਰ ਪਾਰਟੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਵੱਡੇ-ਵੱਡੇ ਵਾਅਦੇ ਕਰ ਰਹੀ ਹੈ। ਪਿਛਲਾ ਮਹੀਨਾ ਵੀ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਮਹੀਨਾ ਸਾਬਿਤ ਹੋਇਆ ਸੀ। ਪਰ ਹੁਣ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਕਾਂਗਰਸ ਨੇ ਵੀ ਇੱਕ ਵੱਡਾ ਐਲਾਨ ਕਰ ਦਿੱਤਾ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ, ਜੋ ਉਨ੍ਹਾਂ ਦੀ ਸਰਕਾਰ ਦੇ ਇੱਕ ਹੋਰ ਅਹਿਮ ਵਾਅਦੇ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਕਰੇਗਾ।

ਮੰਗਲਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਚੈੱਕ 20 ਅਗਸਤ ਨੂੰ ਰਾਜ ਪੱਧਰੀ ਸਮਾਰੋਹ ਵਿੱਚ ਜਾਰੀ ਕੀਤੇ ਜਾਣਗੇ। ਪੰਜਾਬ ਸਰਕਾਰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐੱਸ.) ਦੇ 2,85,325 ਮੈਂਬਰਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਅਦਾ ਕਰੇਗੀ। ਇਸ ਤਰ੍ਹਾਂ ਪ੍ਰਤੀ ਮੈਂਬਰ 20,000 ਰੁਪਏ ਦੀ ਰਾਹਤ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਵਿੱਚ ਸੂਬੇ ‘ਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਿਲ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰਨ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿੱਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ‘ਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।

Leave a Reply

Your email address will not be published. Required fields are marked *