ਬੀਤੀ ਰਾਤ ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾਂ ਲਗਾਤਾਰ ਵਿਰੋਧ ਦੇ ਬਾਵਜੂਦ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਰਸਮੀ ਐਲਾਨ ਬੀਤੀ ਰਾਤ ਕੀਤਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਕਾਂਗਰਸ ਦਾ ਕਲੇਸ਼ ਵੀ ਸੁਲਝ ਦਾ ਨਜ਼ਰ ਆ ਰਿਹਾ ਹੈ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਕਾਫੀ ਹਲਚਲ ਮਚੀ ਹੋਈ ਸੀ, ਜਿਸ ਵਿੱਚ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਧੜੇਬੰਦੀ ਵੀ ਬਣ ਚੁੱਕੀ ਸੀ। ਇਨ੍ਹਾਂ ਵਿੱਚੋਂ ਇੱਕ ਧੜਾ ਸਿੱਧੂ ਨਾਲ ਅਤੇ ਦੂਜਾ ਕੈਪਟਨ ਨਾਲ ਖੜ੍ਹਾ ਸੀ।
ਪਰ ਹੁਣ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਕਪਤਾਨ ਬਣਾ ਦਿੱਤਾ ਗਿਆ ਹੈ। ਉਹ ਸੁਨੀਲ ਜਾਖੜ ਦੀ ਜਗ੍ਹਾ ਸੰਭਾਲਣਗੇ। ਇਸਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।